ਮਹਾਂ-ਆਗਿਆ
1 ਇਹ ਉਹ ਹੁਕਮਨਾਮੇ, ਬਿਧੀਆਂ ਅਤੇ ਕਨੂੰਨ ਹਨ, ਜਿਨ੍ਹਾਂ ਨੂੰ ਤੁਹਾਨੂੰ ਸਿਖਾਉਣ ਦਾ ਹੁਕਮ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਦਿੱਤਾ ਹੈ, ਤਾਂ ਜੋ ਤੁਸੀਂ ਇਨ੍ਹਾਂ ਨੂੰ ਉਸ ਧਰਤੀ ਵਿੱਚ ਪੂਰਾ ਕਰੋ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਪਾਰ ਜਾਂਦੇ ਹੋ, 2 ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੋ ਅਤੇ ਉਸ ਦੀਆਂ ਸਾਰੀਆਂ ਬਿਧੀਆਂ ਅਤੇ ਹੁਕਮਾਂ ਨੂੰ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਤੁਸੀਂ, ਤੁਹਾਡੇ ਪੁੱਤਰ ਅਤੇ ਤੁਹਾਡੇ ਪੋਤਰੇ ਜੀਵਨ ਭਰ ਮੰਨਣ, ਤਾਂ ਜੋ ਤੁਹਾਡੇ ਦਿਨ ਲੰਮੇ ਹੋਣ। 3 ਹੇ ਇਸਰਾਏਲ, ਸੁਣੋ ਅਤੇ ਇਸੇ ਤਰ੍ਹਾਂ ਹੀ ਕਰਨ ਦਾ ਜਤਨ ਕਰੋ ਤਾਂ ਜੋ ਤੁਹਾਡਾ ਭਲਾ ਹੋਵੇ ਅਤੇ ਜਿਵੇਂ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਬਚਨ ਦਿੱਤਾ ਹੈ, ਤੁਸੀਂ ਉਸ ਦੇਸ਼ ਵਿੱਚ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ6:3 ਉਪਜਾਊ ਭੂਮੀ ਹੈ ਬਹੁਤ ਹੀ ਵੱਧ ਜਾਓ।
4 ਹੇ ਇਸਰਾਏਲ, ਸੁਣ! ਯਹੋਵਾਹ ਸਾਡਾ ਪਰਮੇਸ਼ੁਰ ਇੱਕੋ ਹੀ ਯਹੋਵਾਹ ਹੈ। 5 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ, ਆਪਣੀ ਸਾਰੀ ਜਾਨ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰੋ 6 ਅਤੇ ਇਹ ਗੱਲਾਂ, ਜਿਨ੍ਹਾਂ ਦਾ ਹੁਕਮ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਤੁਹਾਡੇ ਦਿਲ ਵਿੱਚ ਬਣੀਆਂ ਰਹਿਣ। 7 ਤੁਸੀਂ ਇਹਨਾਂ ਨੂੰ ਆਪਣੇ ਬੱਚਿਆਂ ਨੂੰ ਸਿਖਾਇਓ। ਤੁਸੀਂ ਆਪਣੇ ਘਰ ਵਿੱਚ ਬੈਠਦਿਆਂ, ਰਾਹ ਵਿੱਚ ਤੁਰਦਿਆਂ, ਲੇਟਦਿਆਂ ਅਤੇ ਉੱਠਦਿਆਂ ਇਹਨਾਂ ਗੱਲਾਂ ਦੀ ਚਰਚਾ ਕਰਦੇ ਰਹਿਣਾ। 8 ਤੁਸੀਂ ਉਹਨਾਂ ਨੂੰ ਨਿਸ਼ਾਨੀਆਂ ਲਈ ਆਪਣੇ ਹੱਥ ਉੱਤੇ ਬੰਨ੍ਹਣਾ ਅਤੇ ਉਹ ਤੁਹਾਡੀਆਂ ਅੱਖਾਂ ਦੇ ਵਿਚਕਾਰ ਟਿੱਕੇ ਵਾਂਗੂੰ ਹੋਣ। 9 ਤੁਸੀਂ ਉਹਨਾਂ ਨੂੰ ਆਪਣੇ ਘਰਾਂ ਦੀਆਂ ਚੁਗਾਠਾਂ ਉੱਤੇ ਅਤੇ ਆਪਣੇ ਫਾਟਕਾਂ ਉੱਤੇ ਲਿਖਿਓ।