3 ਮੇਰੇ ਸਨਮੁਖ ਤੇਰੇ ਲਈ ਦੂਜੇ ਦੇਵਤੇ ਨਾ ਹੋਣ। 4 ਤੂੰ ਆਪਣੇ ਲਈ ਘੜ੍ਹੀ ਹੋਈ ਮੂਰਤ ਨਾ ਬਣਾਈਂ, ਨਾ ਕਿਸੇ ਚੀਜ਼ ਦੀ ਸੂਰਤ ਜਿਹੜੀ ਉੱਪਰ ਅਕਾਸ਼ ਵਿੱਚ ਅਤੇ ਜਿਹੜੀ ਹੇਠਾਂ ਧਰਤੀ ਉੱਤੇ ਅਤੇ ਜਿਹੜੀ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਹੈ। 5 ਨਾ ਤੂੰ ਉਹਨਾਂ ਦੇ ਅੱਗੇ ਮੱਥਾ ਟੇਕ, ਨਾ ਉਹਨਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ ਜਿਹੜਾ ਪੁਰਖਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ। 6 ਪਰ ਹਜ਼ਾਰਾਂ ਉੱਤੇ ਜਿਹੜੇ ਮੇਰੇ ਨਾਲ ਪ੍ਰੇਮ ਰੱਖਦੇ ਅਤੇ ਮੇਰੇ ਹੁਕਮਾਂ ਨੂੰ ਮੰਨਦੇ ਹਨ ਦਯਾ ਕਰਦਾ ਹਾਂ। 7 ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਵਿਅਰਥ ਨਾ ਲੈ ਕਿਉਂਕਿ ਜੋ ਕੋਈ ਉਹ ਦਾ ਨਾਮ ਵਿਅਰਥ ਲੈਂਦਾ ਹੈ ਯਹੋਵਾਹ ਉਸ ਨੂੰ ਨਿਰਦੋਸ਼ ਨਾ ਠਹਿਰਾਵੇਗਾ। 8 ਤੂੰ ਸਬਤ ਦੇ ਦਿਨ ਨੂੰ ਪਵਿੱਤਰ ਜਾਣ ਕੇ ਯਾਦ ਰੱਖ। 9 ਛੇ ਦਿਨ ਤੂੰ ਮਿਹਨਤ ਕਰ ਅਤੇ ਆਪਣਾ ਸਾਰਾ ਕੰਮ-ਧੰਦਾ ਕਰ 10 ਪਰ ਸੱਤਵਾਂ ਦਿਨ ਯਹੋਵਾਹ ਤੇਰੇ ਪਰਮੇਸ਼ੁਰ ਲਈ ਸਬਤ ਹੈ। ਉਸ ਦਿਨ ਵਿੱਚ ਤੂੰ ਕੋਈ ਕੰਮ-ਧੰਦਾ ਨਾ ਕਰ, ਨਾ ਤੂੰ ਨਾ ਤੇਰਾ ਪੁੱਤਰ, ਨਾ ਤੇਰੀ ਧੀ, ਨਾ ਤੇਰਾ ਦਾਸ, ਨਾ ਤੇਰੀ ਦਾਸੀ, ਨਾ ਤੇਰਾ ਪਸ਼ੂ ਅਤੇ ਨਾ ਤੇਰਾ ਪਰਦੇਸੀ ਜਿਹੜਾ ਤੇਰੇ ਫਾਟਕਾਂ ਦੇ ਅੰਦਰ ਹੈ। 11 ਕਿਉਂ ਜੋ ਛੇਆਂ ਦਿਨਾਂ ਵਿੱਚ ਯਹੋਵਾਹ ਨੇ ਅਕਾਸ਼ ਅਤੇ ਧਰਤੀ ਨੂੰ, ਸਮੁੰਦਰ ਨੂੰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ ਪਰ ਸੱਤਵੇਂ ਦਿਨ ਵਿਸ਼ਰਾਮ ਕੀਤਾ। ਇਸ ਲਈ ਯਹੋਵਾਹ ਨੇ ਸਬਤ ਦੇ ਦਿਨ ਨੂੰ ਬਰਕਤ ਦਿੱਤੀ ਅਤੇ ਉਸ ਨੂੰ ਪਵਿੱਤਰ ਠਹਿਰਾਇਆ।