ਹੈਕਲ ਵਿੱਚ ਯਿਸੂ ਦਾ ਅਰਪਣ
22 ਜਦ ਮੂਸਾ ਦੀ ਬਿਵਸਥਾ ਦੇ ਅਨੁਸਾਰ ਸ਼ੁੱਧ ਹੋਣ ਦੇ ਦਿਨ ਪੂਰੇ ਹੋਏ ਤਾਂ ਉਸ ਨੂੰ ਪ੍ਰਭੂ ਦੇ ਅੱਗੇ ਸਮਰਪਤ ਕਰਨ ਲਈ ਯਰੂਸ਼ਲਮ ਵਿੱਚ ਲਿਆਏ। 23 ਜਿਵੇਂ ਪ੍ਰਭੂ ਦੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ, ਜੋ ਹਰੇਕ ਪਹਿਲੌਠਾ ਪ੍ਰਭੂ ਦੇ ਲਈ ਪਵਿੱਤਰ ਕਹਾਵੇਗਾ। 24 ਅਤੇ ਉਸ ਗੱਲ ਅਨੁਸਾਰ ਜੋ ਪ੍ਰਭੂ ਦੀ ਬਿਵਸਥਾ ਵਿੱਚ ਲਿਖੀ ਹੋਈ ਹੈ ਅਰਥਾਤ ਘੁੱਗੀਆਂ ਦਾ ਇੱਕ ਜੋੜਾ ਜਾਂ ਕਬੂਤਰਾਂ ਦੇ ਦੋ ਬੱਚੇ ਬਲੀਦਾਨ ਕਰਨ।
ਸ਼ਿਮਉਨ ਦਾ ਗੀਤ
25 ਯਰੂਸ਼ਲਮ ਵਿੱਚ ਸ਼ਮਊਨ ਨਾਮ ਦਾ ਇੱਕ ਮਨੁੱਖ ਸੀ, ਉਹ ਧਰਮੀ ਅਤੇ ਭਗਤ ਸੀ ਅਤੇ ਇਸਰਾਏਲ ਦੀ ਸ਼ਾਂਤੀ ਦੀ ਉਡੀਕ ਵਿੱਚ ਸੀ ਅਤੇ ਉਹ ਪਵਿੱਤਰ ਆਤਮਾ ਨਾਲ ਭਰਪੂਰ ਸੀ। 26 ਅਤੇ ਪਵਿੱਤਰ ਆਤਮਾ ਨੇ ਉਸ ਉੱਤੇ ਪਰਗਟ ਕੀਤਾ ਕਿ ਜਦ ਤੱਕ ਤੂੰ ਪ੍ਰਭੂ ਦੇ ਮਸੀਹ ਨੂੰ ਨਾ ਵੇਖੇਂ ਤੂੰ ਨਾ ਮਰੇਂਗਾ। 27 ਉਹ ਆਤਮਾ ਦੀ ਅਗਵਾਈ ਨਾਲ ਹੈਕਲ ਵਿੱਚ ਆਇਆ ਅਤੇ ਜਦ ਮਾਤਾ-ਪਿਤਾ ਉਸ ਬਾਲਕ ਯਿਸੂ ਨੂੰ ਅੰਦਰ ਲਿਆਏ, ਤਾਂ ਜੋ ਬਿਵਸਥਾ ਦੀ ਵਿਧੀ ਨੂੰ ਪੂਰਾ ਕਰਨ। 28 ਉਸ ਨੇ ਉਸ ਨੂੰ ਬਾਹਾਂ ਵਿੱਚ ਲਿਆ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਕੇ ਆਖਿਆ, 29 ਹੇ ਮਾਲਕ, ਹੁਣ ਤੂੰ ਆਪਣੇ ਦਾਸ ਨੂੰ ਆਪਣੇ ਬਚਨ ਅਨੁਸਾਰ ਸ਼ਾਂਤੀ ਨਾਲ ਵਿਦਿਆ ਕਰ, 30 ਕਿਉਂਕਿ ਮੇਰੀਆਂ ਅੱਖਾਂ ਨੇ ਤੇਰੀ ਮੁਕਤੀ ਨੂੰ ਵੇਖ ਲਿਆ ਹੈ, 31 ਜਿਸ ਨੂੰ ਤੂੰ ਸਾਰੇ ਦੇਸਾਂ ਦੇ ਲੋਕਾਂ ਅੱਗੇ ਤਿਆਰ ਕੀਤਾ ਹੈ, 32 ਕਿ ਪਰਾਈਆਂ ਕੌਮਾਂ ਨੂੰ ਪ੍ਰਕਾਸ਼ ਦੇਣ ਲਈ ਜੋਤ, ਅਤੇ ਆਪਣੀ ਪਰਜਾ ਇਸਰਾਏਲ ਦੇ ਲਈ ਮਹਿਮਾ ਹੋਵੇ। 33 ਉਸ ਦੇ ਪਿਤਾ ਅਤੇ ਮਾਤਾ ਉਨ੍ਹਾਂ ਗੱਲਾਂ ਤੋਂ ਜੋ ਉਸ ਦੇ ਬਾਰੇ ਆਖੀਆਂ ਗਈਆਂ ਸਨ, ਸੁਣ ਕੇ ਹੈਰਾਨ ਹੁੰਦੇ ਸਨ। 34 ਤਦ ਸ਼ਮਊਨ ਨੇ ਉਨ੍ਹਾਂ ਨੂੰ ਬਰਕਤ ਦਿੱਤੀ ਅਤੇ ਉਸ ਦੀ ਮਾਤਾ ਮਰਿਯਮ ਨੂੰ ਆਖਿਆ, ਵੇਖ ਇਹ ਬਾਲਕ ਇਸਰਾਏਲ ਵਿੱਚ ਬਹੁਤਿਆਂ ਦੇ ਡਿੱਗਣ ਅਤੇ ਉੱਠਣ ਲਈ ਇੱਕ ਨਿਸ਼ਾਨ ਠਹਿਰਾਇਆ ਹੋਇਆ ਹੈ, ਜਿਸ ਦੇ ਵਿਰੁੱਧ ਗੱਲਾਂ ਹੋਣਗੀਆਂ। 35 ਸਗੋਂ ਤਲਵਾਰ ਵੀ ਤੇਰੇ ਦਿਲ ਵਿੱਚ ਖੁੱਭ ਜਾਵੇਗੀ ਤਾਂ ਜੋ ਬਹੁਤਿਆਂ ਦੇ ਮਨਾਂ ਦੀਆਂ ਗੱਲਾਂ ਪਰਗਟ ਹੋ ਜਾਣ।
ਆੱਨਾ ਦੀ ਗਵਾਹੀ
36 ਅਤੇ ਅਸ਼ੇਰ ਦੇ ਘਰਾਣੇ ਵਿੱਚੋਂ ਆੱਨਾ ਨਾਮ ਦੀ ਇੱਕ ਨਬੀਆ ਫ਼ਨੂਏਲ ਦੀ ਧੀ ਸੀ। ਉਹ ਬਜ਼ੁਰਗ ਸੀ ਅਤੇ ਆਪਣੇ ਵਿਆਹ ਹੋਣ ਤੋਂ ਬਾਅਦ ਸੱਤ ਸਾਲਾਂ ਤੱਕ ਹੀ ਆਪਣੇ ਪਤੀ ਨਾਲ ਰਹਿ ਸਕੀ ਸੀ। 37 ਅਤੇ ਉਹ ਚੁਰਾਸੀਆਂ ਸਾਲਾਂ ਤੋਂ ਵਿਧਵਾ ਸੀ ਅਤੇ ਹੈਕਲ ਨੂੰ ਨਹੀਂ ਛੱਡਦੀ ਸੀ, ਪਰ ਵਰਤ ਰੱਖਣ ਅਤੇ ਬੇਨਤੀ ਕਰਨ ਨਾਲ ਰਾਤ-ਦਿਨ ਬੰਦਗੀ ਕਰਦੀ ਰਹਿੰਦੀ ਸੀ। 38 ਉਸ ਨੇ ਉਸੇ ਸਮੇਂ ਉੱਥੇ ਆਣ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਉਸ ਦਾ ਜ਼ਿਕਰ ਉਨ੍ਹਾਂ ਸਭਨਾਂ ਨਾਲ ਕੀਤਾ ਜਿਹੜੇ ਯਰੂਸ਼ਲਮ ਦੇ ਛੁਟਕਾਰੇ ਦੀ ਉਡੀਕ ਵਿੱਚ ਸਨ।