ਜਵਾਨਾਂ ਨੂੰ ਸਲਾਹ
1 ਹੇ ਮੇਰੇ ਪੁੱਤਰ, ਤੂੰ ਮੇਰੀ ਸਿੱਖਿਆ ਨੂੰ ਨਾ ਭੁੱਲ,
ਸਗੋਂ ਆਪਣਾ ਮਨ ਲਗਾ ਕੇ ਮੇਰੇ ਹੁਕਮਾਂ ਦੀ ਪਾਲਣਾ ਕਰ,
2 ਕਿਉਂ ਜੋ ਅਜਿਹਾ ਕਰਨ ਨਾਲ ਤੇਰੀ ਉਮਰ
ਅਤੇ ਜੀਵਨ ਦੇ ਸਾਲਾਂ ਵਿੱਚ ਵਾਧਾ ਹੋਵੇਗਾ ਅਤੇ ਤੂੰ ਸ਼ਾਂਤੀ ਵਿੱਚ ਵੱਸੇਂਗਾ।
3 ਦਯਾ ਅਤੇ ਸਚਿਆਈ ਤੇਰੇ ਤੋਂ ਅਲੱਗ ਨਾ ਹੋਣ,
ਸਗੋਂ ਤੂੰ ਉਹਨਾਂ ਨੂੰ ਆਪਣੇ ਗਲ਼ ਦਾ ਹਾਰ ਬਣਾ,
ਉਹਨਾਂ ਨੂੰ ਆਪਣੇ ਦਿਲ ਦੀ ਤਖ਼ਤੀ ਉੱਤੇ ਲਿਖ ਲੈ,
4 ਤਦ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਦੀਆਂ ਨਜ਼ਰਾਂ ਵਿੱਚ ਕਿਰਪਾ
ਅਤੇ ਨੇਕਨਾਮੀ ਪਾਵੇਂਗਾ।
5 ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ
ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ।
6 ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਯਾਦ ਰੱਖ
ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ।
7 ਤੂੰ ਆਪਣੀ ਨਿਗਾਹ ਵਿੱਚ ਬੁੱਧਵਾਨ ਨਾ ਹੋ,
ਯਹੋਵਾਹ ਦਾ ਭੈਅ ਰੱਖ ਅਤੇ ਬੁਰਿਆਈ ਤੋਂ ਦੂਰ ਰਹਿ।
8 ਇਸ ਤੋਂ ਤੇਰਾ ਸਰੀਰ ਨਿਰੋਗ
ਅਤੇ ਤੇਰੀਆਂ ਹੱਡੀਆਂ ਪੁਸ਼ਟ ਰਹਿਣਗੀਆਂ।