Publicidade

Ezequiel 1

ਹਿਜ਼ਕੀਏਲ ਦਾ ਉਦਘਾਟਨੀ ਦਰਸ਼ਨ

1 ਮੇਰੇ ਤੀਹਵੇਂ ਸਾਲ ਵਿੱਚ, ਚੌਥੇ ਮਹੀਨੇ ਦੇ ਪੰਜਵੇਂ ਦਿਨ, ਜਦੋਂ ਮੈਂ ਕੇਬਰ ਨਦੀ ਦੇ ਕੰਢੇ ਗੁਲਾਮਾਂ ਦੇ ਵਿਚਕਾਰ ਸੀ, ਅਕਾਸ਼ ਖੁੱਲ੍ਹ ਗਿਆ ਅਤੇ ਮੈਂ ਪਰਮੇਸ਼ਵਰ ਦੇ ਦਰਸ਼ਨ ਵੇਖੇ।

2 ਮਹੀਨੇ ਦੀ ਪੰਜਵੀਂ ਤਾਰੀਖ਼ ਨੂੰ ਰਾਜੇ ਯਹੋਯਾਕੀਨ ਦੀ ਗੁਲਾਮੀ ਦੇ ਪੰਜਵੇਂ ਸਾਲ ਵਿੱਚ 3 ਯਾਹਵੇਹ ਦਾ ਬਚਨ ਬੂਜ਼ੀ ਦੇ ਪੁੱਤਰ ਜਾਜਕ ਹਿਜ਼ਕੀਏਲ ਨੂੰ ਦੇਸ਼ ਵਿੱਚ ਕੇਬਰ ਨਦੀ ਦੇ ਕੰਢੇ ਕਸਦੀਆਂ ਦੀ ਧਰਤੀ ਉੱਤੇ ਆਇਆ ਅਤੇ ਉੱਥੇ ਯਾਹਵੇਹ ਦਾ ਹੱਥ ਉਸ ਉੱਤੇ ਸੀ।

4 ਜਦ ਮੈਂ ਦੇਖਿਆ, ਉੱਤਰ ਵੱਲੋਂ ਵੱਡੀ ਹਨੇਰੀ ਆਈ, ਇੱਕ ਵੱਡਾ ਬੱਦਲ ਜੋ ਅੱਗ ਨਾਲ ਭਰਿਆ ਹੋਇਆ ਸੀ ਅਤੇ ਉਸ ਦੇ ਦੁਆਲੇ ਚਮਕ ਸੀ, ਅਤੇ ਉਸ ਦੇ ਵਿਚਕਾਰੋਂ ਪਿੱਤਲ ਵਰਗੀ ਕੋਈ ਚਮਕਦੀ ਹੋਈ ਚੀਜ਼ ਦਿਖਾਈ ਦਿੱਤੀ, 5 ਉਸ ਵਿੱਚ ਚਾਰ ਜੀਵ ਸਨ ਅਤੇ ਉਹਨਾਂ ਦਾ ਰੂਪ ਇਹ ਸੀ: ਉਹ ਮਨੁੱਖ ਵਰਗੇ ਸਨ, 6 ਪਰ ਉਹਨਾਂ ਵਿੱਚੋਂ ਹਰੇਕ ਦੇ ਚਾਰ ਮੂੰਹ ਅਤੇ ਚਾਰ ਖੰਭ ਸਨ। 7 ਉਹਨਾਂ ਦੀਆਂ ਲੱਤਾਂ ਸਿੱਧੀਆਂ ਸਨ; ਉਹਨਾਂ ਦੇ ਪੈਰ ਵੱਛੇ ਵਰਗੇ ਸਨ ਅਤੇ ਸੜੇ ਹੋਏ ਪਿੱਤਲ ਵਾਂਗ ਚਮਕਦੇ ਸਨ। 8 ਉਹਨਾਂ ਦੇ ਚਾਰੇ ਪਾਸੇ ਉਹਨਾਂ ਦੇ ਖੰਭਾਂ ਦੇ ਹੇਠਾਂ ਮਨੁੱਖ ਦੇ ਹੱਥ ਸਨ ਅਤੇ ਚਾਰਾਂ ਦੇ ਚਿਹਰੇ ਅਤੇ ਖੰਭ ਇਸ ਤਰ੍ਹਾਂ ਸਨ, 9 ਕਿ ਉਹਨਾਂ ਦੇ ਖੰਭ ਇੱਕ-ਦੂਜੇ ਨਾਲ ਜੁੜੇ ਹੋਏ ਸਨ। ਉਹ ਤੁਰਦੇ ਹੋਏ ਮੁੜਦੇ ਨਹੀਂ ਸਨ, ਉਹ ਸਾਰੇ ਸਿੱਧੇ ਆਪਣੇ ਮੂੰਹਾਂ ਦੀ ਸੇਧ ਵਿੱਚ ਚੱਲਦੇ ਸਨ।

10 ਉਹਨਾਂ ਦੇ ਚਿਹਰੇ ਮਨੁੱਖ ਦੇ ਚਿਹਰੇ ਵਰਗੇ ਸਨ, ਉਹਨਾਂ ਚਾਰਾਂ ਦੇ ਸੱਜੇ ਪਾਸੇ ਬੱਬਰ ਸ਼ੇਰ ਦੇ ਚਿਹਰੇ ਸਨ, ਉਹਨਾਂ ਚਾਰਾਂ ਦੇ ਖੱਬੇ ਪਾਸੇ ਬਲਦ ਦੇ ਚਿਹਰੇ ਸਨ ਅਤੇ ਉਹਨਾਂ ਪਿੱਛਲੇ ਪਾਸੇ ਉਕਾਬ ਦੇ ਚਿਹਰੇ ਸਨ। 11 ਉਹਨਾਂ ਦੇ ਚਿਹਰੇ ਅਤੇ ਉਹਨਾਂ ਦੇ ਖੰਭ ਉੱਪਰੋਂ ਅੱਡ-ਅੱਡ ਸਨ, ਹਰੇਕ ਦੇ ਦੋ ਖੰਭ ਦੂਜੇ ਦੇ ਦੋ ਖੰਭਾਂ ਨਾਲ ਜੁੜੇ ਹੋਏ ਸਨ ਅਤੇ ਬਾਕੀ ਦੋ-ਦੋ ਖੰਭਾਂ ਨਾਲ ਉਹਨਾਂ ਦਾ ਸਰੀਰ ਢੱਕਿਆ ਹੋਇਆ ਸੀ। 12 ਉਹਨਾਂ ਵਿੱਚੋਂ ਹਰ ਕੋਈ ਸਿੱਧਾ ਆਪਣੇ ਚਿਹਰੇ ਦੀ ਸੇਧ ਵਿੱਚ ਤੁਰਦਾ ਸੀ, ਜਿੱਧਰ ਜਾਣ ਨੂੰ ਆਤਮਾ ਅਗਵਾਈ ਕਰਦਾ ਸੀ, ਉਹ ਜਾਂਦੇ ਸਨ ਅਤੇ ਉਹ ਤੁਰਦੇ ਹੋਏ ਮੁੜਦੇ ਨਹੀਂ ਸਨ। 13 ਉਹਨਾਂ ਜੀਵਾਂ ਦਾ ਰੂਪ ਅੱਗ ਦੇ ਭੱਖਦੇ ਹੋਏ ਕੋਲਿਆਂ ਅਤੇ ਮਸ਼ਾਲਾਂ ਵਰਗਾ ਸੀ। ਇੱਕ ਚਮਕਦੀ ਹੋਈ ਅੱਗ ਜੀਵਾਂ ਦੇ ਵਿਚਾਲੇ ਇੱਧਰ-ਉੱਧਰ ਆਉਂਦੀ ਜਾਂਦੀ ਸੀ ਅਤੇ ਉਸ ਅੱਗ ਵਿੱਚੋਂ ਬਿਜਲੀ ਨਿੱਕਲਦੀ ਸੀ। 14 ਜੀਵਾਂ ਦਾ ਦੌੜਨਾ ਅਤੇ ਮੁੜਨਾ ਬਿਜਲੀ ਵਾਂਗੂੰ ਦਿਖਾਈ ਦਿੰਦਾ ਸੀ।

15 ਮੈਂ ਉਹਨਾਂ ਜੀਵਾਂ ਨੂੰ ਵੇਖਿਆ ਤਾਂ ਵੇਖੋ, ਕਿ ਉਹਨਾਂ ਚਾਰਾਂ ਜੀਵਾਂ ਦੇ ਹਰ ਚਿਹਰੇ ਦੇ ਕੋਲ ਧਰਤੀ ਉੱਤੇ ਇੱਕ-ਇੱਕ ਪਹੀਆ ਸੀ। 16 ਉਹਨਾਂ ਪਹੀਆਂ ਦਾ ਰੂਪ ਅਤੇ ਬਣਤਰ ਇਹ ਸੀ: ਉਹ ਪੁਖਰਾਜ ਵਾਂਗ ਚਮਕਦੇ ਸਨ, ਅਤੇ ਉਹ ਚਾਰੇ ਇੱਕੋ ਜਿਹੇ ਸਨ; ਉਹ ਇਸ ਤਰ੍ਹਾਂ ਦਿਖਾਈ ਦਿੰਦੇ ਸਨ ਜਿਵੇਂ ਇੱਕ ਪਹੀਆ ਦੂਸਰੇ ਪਹੀਏ ਦੇ ਵਿੱਚ ਹੋਵੇ। 17 ਜਦੋਂ ਪਹੀਏ ਚੱਲਦੇ ਸਨ, ਉਹ ਕਿਸੇ ਵੀ ਦਿਸ਼ਾ ਦੇ ਵਿੱਚ ਚੱਲਦੇ ਹੋਏ, ਕਿਸੇ ਹੋਰ ਦਿਸ਼ਾ ਦੇ ਵਿੱਚ ਮੁੜਦੇ ਨਹੀਂ ਸਨ। 18 ਉਹਨਾਂ ਦੇ ਕਿਨਾਰੇ ਉੱਚੇ ਅਤੇ ਸ਼ਾਨਦਾਰ ਸਨ, ਅਤੇ ਚਾਰੇ ਪਾਸੇ ਅੱਖਾਂ ਹੀ ਅੱਖਾਂ ਸਨ।

19 ਜਦੋਂ ਉਹ ਜੀਵ ਤੁਰਦੇ ਸਨ, ਤਾਂ ਉਹਨਾਂ ਦੇ ਪਹੀਏ ਵੀ ਚੱਲਦੇ ਸਨ ਅਤੇ ਜਦੋਂ ਉਹ ਜੀਵ ਧਰਤੀ ਤੋਂ ਚੁੱਕੇ ਜਾਂਦੇ ਸਨ, ਤਾਂ ਪਹੀਏ ਵੀ ਚੁੱਕੇ ਜਾਂਦੇ ਸਨ। 20 ਜਿੱਥੇ ਕਿਤੇ ਆਤਮਾ ਜਾਣਾ ਚਾਹੁੰਦਾ ਸੀ, ਉਹ ਜਾਂਦੇ ਸਨ। ਪਹੀਏ ਉਹਨਾਂ ਦੇ ਨਾਲ ਚੁੱਕੇ ਜਾਂਦੇ ਸਨ, ਕਿਉਂ ਜੋ ਜੀਵਾਂ ਦਾ ਆਤਮਾ ਪਹੀਆਂ ਵਿੱਚ ਸੀ। 21 ਜਦੋਂ ਜੀਵ ਤੁਰਦੇ ਸਨ, ਤਾਂ ਪਹੀਏ ਵੀ ਚੱਲਦੇ ਸਨ ਅਤੇ ਜਦੋਂ ਜੀਵ ਰੁੱਕਦੇ ਸਨ, ਤਾਂ ਪਹੀਏ ਵੀ ਰੁੱਕ ਜਾਂਦੇ ਸਨ ਅਤੇ ਜਦੋਂ ਉਹ ਧਰਤੀ ਤੋਂ ਚੁੱਕੇ ਜਾਂਦੇ ਸਨ, ਤਾਂ ਉਹ ਪਹੀਏ ਵੀ ਉਹਨਾਂ ਦੇ ਨਾਲ ਚੁੱਕੇ ਜਾਂਦੇ ਸਨ, ਕਿਉਂ ਜੋ ਜੀਵਾਂ ਦਾ ਆਤਮਾ ਪਹੀਆਂ ਦੇ ਵਿੱਚ ਸੀ।

22 ਜੀਵਾਂ ਦੇ ਸਿਰ ਉੱਤੇ ਅੰਬਰ ਸੀ, ਉਹ ਬਲੌਰ ਦੇ ਰੰਗ ਵਰਗਾ ਸੀ ਅਤੇ ਉਹਨਾਂ ਦੇ ਸਿਰਾਂ ਦੇ ਉੱਪਰ ਤਾਣਿਆ ਹੋਇਆ ਸੀ। 23 ਉਸ ਅੰਬਰ ਦੇ ਹੇਠਾਂ ਉਹਨਾਂ ਦੇ ਖੰਭ ਇੱਕ-ਦੂਜੇ ਦੀ ਸੇਧ ਵਿੱਚ ਸਨ, ਹਰੇਕ ਦੇ ਦੋਵਾਂ ਖੰਭਾ ਨਾਲ ਉਹਨਾਂ ਦਾ ਇੱਕ ਪਾਸਾ ਢੱਕਿਆ ਹੋਇਆ ਸੀ ਅਤੇ ਦੋਵਾਂ ਨਾਲ ਉਹਨਾਂ ਦੇ ਸਰੀਰ ਦਾ ਦੂਜਾ ਪਾਸਾ ਢੱਕਿਆ ਹੋਇਆ ਸੀ। 24 ਜਦੋਂ ਜੀਵ ਹਿੱਲ ਗਏ, ਮੈਂ ਉਹਨਾਂ ਦੇ ਖੰਭਾਂ ਦੀ ਆਵਾਜ਼ ਸੁਣੀ, ਜਿਵੇਂ ਕਿ ਤੇਜ਼ ਪਾਣੀ ਦੀ ਗਰਜ, ਸਰਵਸ਼ਕਤੀਮਾਨ ਦੀ ਆਵਾਜ਼ ਵਰਗੀ, ਸੈਨਾ ਦੀ ਹਲ-ਚਲ ਵਰਗੀ। ਜਦੋਂ ਉਹ ਸ਼ਾਂਤ ਹੋਏ, ਉਹਨਾਂ ਨੇ ਆਪਣੇ ਖੰਭ ਹੇਠਾਂ ਕਰ ਲਏ।

25 ਉਸ ਅੰਬਰ ਵਿੱਚੋਂ ਜਿਹੜਾ ਉਹਨਾਂ ਦੇ ਸਿਰਾਂ ਉੱਤੇ ਸੀ, ਇੱਕ ਆਵਾਜ਼ ਆਉਂਦੀ ਸੀ ਅਤੇ ਜਦੋਂ ਉਹ ਖੜ੍ਹੇ ਹੁੰਦੇ ਸਨ, ਤਾਂ ਆਪਣੇ ਖੰਭਾਂ ਨੂੰ ਲਮਕਾ ਲੈਂਦੇ ਸਨ। 26 ਜੋ ਅੰਬਰ ਉਹਨਾਂ ਦੇ ਸਿਰ ਉੱਪਰ ਸੀ, ਉਸ ਉੱਤੇ ਨੀਲਮ ਪੱਥਰ ਦਾ ਬਣਿਆ ਹੋਇਆ, ਕੁਝ ਸਿੰਘਾਸਣ ਜਿਹਾ ਸੀ ਅਤੇ ਉਸ ਸਿੰਘਾਸਣ ਦੇ ਉੱਤੇ ਮਨੁੱਖ ਜਿਹਾ ਕੋਈ ਰੂਪ ਦਿਖਾਈ ਦਿੰਦਾ ਸੀ। 27 ਮੈਂ ਉਸ ਦੇ ਲੱਕ ਤੋਂ ਲੈ ਕੇ ਉੱਤੇ ਤੱਕ ਚਮਕਦੇ ਹੋਏ ਪਿੱਤਲ ਜਿਹਾ ਅੱਗ ਦੇ ਰੂਪ ਵਰਗਾ, ਉਹ ਦੇ ਵਿਚਕਾਰ ਅਤੇ ਦੁਆਲੇ ਵੇਖਿਆ ਅਤੇ ਉਹ ਦੇ ਲੱਕ ਤੋਂ ਲੈ ਕੇ ਥੱਲੇ ਤੱਕ ਮੈਂ ਅੱਗ ਦਾ ਰੂਪ ਵੇਖਿਆ ਅਤੇ ਉਸ ਦੇ ਦੁਆਲੇ ਚਾਰੇ ਪਾਸੇ ਚਮਕ ਸੀ। 28 ਜਿਵੇਂ ਬਰਸਾਤ ਵਾਲੇ ਦਿਨ ਬੱਦਲਾਂ ਵਿੱਚ ਸਤਰੰਗੀ ਪੀਂਘ ਦੀ ਵਿਖਾਈ ਦਿੰਦੀ ਹੈ, ਉਸੇ ਤਰ੍ਹਾਂ ਉਸਦੇ ਆਲੇ-ਦੁਆਲੇ ਚਮਕ ਸੀ।

ਇਹ ਯਾਹਵੇਹ ਦੀ ਮਹਿਮਾ ਦਾ ਰੂਪ ਸੀ। ਜਦੋਂ ਮੈਂ ਇਸ ਨੂੰ ਦੇਖਿਆ ਤਾਂ ਮੈਂ ਹੇਠਾਂ ਡਿੱਗ ਪਿਆ ਅਤੇ ਮੈਂ ਇੱਕ ਬੋਲਣ ਦੀ ਆਵਾਜ਼ ਸੁਣੀ।

Veja também

Publicidade
Bíblia Online Bíblia Online

Bíblia Online • Versão: 2026-06-16_18-40-07-