1 ਹਕਲਯਾਹ ਦੇ ਪੁੱਤਰ ਨਹਮਯਾਹ ਦੇ ਬਚਨ:
ਇਸ ਤਰ੍ਹਾਂ ਹੋਇਆ ਕਿ ਵੀਹਵੇਂ ਸਾਲ ਦੇ ਕਿਸਲੇਵ ਮਹੀਨੇ ਵਿੱਚ, ਜਦ ਮੈਂ ਸ਼ੂਸ਼ਨ ਦੇ ਮਹਿਲ ਵਿੱਚ ਰਹਿੰਦਾ ਸੀ, 2 ਤਦ ਮੇਰੇ ਭਰਾਵਾਂ ਵਿੱਚੋਂ ਹਨਾਨੀ ਅਤੇ ਯਹੂਦਾਹ ਤੋਂ ਆਏ ਹੋਏ ਕਈ ਮਨੁੱਖ ਮੇਰੇ ਕੋਲ ਆਏ, ਤਾਂ ਮੈਂ ਉਹਨਾਂ ਤੋਂ ਉਹਨਾਂ ਬਚੇ ਹੋਏ ਯਹੂਦੀਆਂ ਦੇ ਬਾਰੇ ਜੋ ਗ਼ੁਲਾਮੀ ਤੋਂ ਛੁੱਟ ਗਏ ਸਨ, ਅਤੇ ਯੇਰੂਸ਼ਲੇਮ ਦੇ ਬਾਰੇ ਪੁੱਛਿਆ।
3 ਤਦ ਉਹਨਾਂ ਨੇ ਮੈਨੂੰ ਕਿਹਾ, "ਉਹ ਬਚੇ ਹੋਏ ਲੋਕ ਜਿਹੜੇ ਗ਼ੁਲਾਮੀ ਤੋਂ ਛੁੱਟ ਕੇ ਉਸ ਸੂਬੇ ਵਿੱਚ ਰਹਿੰਦੇ ਹਨ, ਉਹ ਬਹੁਤ ਦਰਦ ਵਿੱਚ ਹਨ ਅਤੇ ਉਹਨਾਂ ਦਾ ਨਿਰਾਦਰ ਹੁੰਦਾ ਹੈ, ਕਿਉਂਕਿ ਯੇਰੂਸ਼ਲੇਮ ਦੀਆਂ ਕੰਧਾਂ ਟੁੱਟੀਆਂ ਪਈਆਂ ਹਨ ਅਤੇ ਉਸ ਦੇ ਫਾਟਕ ਅੱਗ ਨਾਲ ਸੜੇ ਹੋਏ ਹਨ।"
4 ਇਹ ਗੱਲਾਂ ਸੁਣ ਕੇ ਮੈਂ ਬੈਠ ਕੇ ਰੋਇਆ ਅਤੇ ਕੁਝ ਦਿਨਾਂ ਲਈ ਮੈਂ ਸੋਗ ਕੀਤਾ, ਵਰਤ ਰੱਖਿਆ ਅਤੇ ਸਵਰਗ ਦੇ ਪਰਮੇਸ਼ਵਰ ਅੱਗੇ ਪ੍ਰਾਰਥਨਾ ਕੀਤੀ। 5 ਫਿਰ ਮੈਂ ਕਿਹਾ:
"ਹੇ ਯਾਹਵੇਹ, ਸਵਰਗ ਦਾ ਪਰਮੇਸ਼ਵਰ, ਮਹਾਨ ਅਤੇ ਸ਼ਾਨਦਾਰ ਪਰਮੇਸ਼ਵਰ, ਜੋ ਆਪਣੇ ਪਿਆਰ ਦੇ ਨੇਮ ਨੂੰ ਉਹਨਾਂ ਨਾਲ ਰੱਖਦਾ ਹੈ ਜੋ ਉਸ ਨੂੰ ਪਿਆਰ ਕਰਦੇ ਹਨ ਅਤੇ ਉਸ ਦੇ ਹੁਕਮਾਂ ਦੀ ਪਾਲਣਾ ਕਰਦੇ ਹਨ, 6 ਤੇਰੇ ਕੰਨ ਲੱਗੇ ਰਹਿਣ ਅਤੇ ਤੇਰੀਆਂ ਅੱਖਾਂ ਖੁੱਲ੍ਹੀਆਂ ਰਹਿਣ ਅਤੇ ਇਸ ਸਮੇਂ ਜੋ ਪ੍ਰਾਰਥਨਾ ਮੈਂ ਤੇਰਾ ਦਾਸ ਤੇਰੇ ਦਾਸਾਂ ਇਸਰਾਏਲੀਆਂ ਦੇ ਲਈ ਦਿਨ ਰਾਤ ਕਰਦਾ ਰਹਿੰਦਾ ਹਾਂ, ਉਸ ਨੂੰ ਤੂੰ ਸੁਣ ਲੈ। ਮੈਂ ਇਸਰਾਏਲੀਆਂ ਦੇ ਪਾਪਾਂ ਨੂੰ ਜਿਹੜੇ ਅਸੀਂ ਤੇਰੇ ਵਿਰੁੱਧ ਕੀਤੇ ਹਨ ਮੰਨ ਲੈਂਦਾ ਹਾਂ। ਹਾਂ, ਮੈਂ ਅਤੇ ਮੇਰੇ ਪੁਰਖਿਆਂ ਦੇ ਘਰਾਣੇ ਨੇ ਤੇਰੇ ਵਿਰੁੱਧ ਪਾਪ ਕੀਤਾ ਹੈ। 7 ਅਸੀਂ ਤੁਹਾਡੇ ਨਾਲ ਬਹੁਤ ਬੁਰਾ ਵਿਵਹਾਰ ਕੀਤਾ ਹੈ, ਅਤੇ ਅਸੀਂ ਉਹਨਾਂ ਹੁਕਮਾਂ, ਫ਼ਰਮਾਨਾਂ ਅਤੇ ਕਾਨੂੰਨਾਂ ਦੀ ਪਾਲਣਾ ਨਹੀਂ ਕੀਤੀ ਜੋ ਤੂੰ ਆਪਣੇ ਸੇਵਕ ਮੋਸ਼ੇਹ ਨੂੰ ਦਿੱਤੇ ਸਨ।
8 "ਯਾਦ ਰੱਖੋ ਉਹ ਉਪਦੇਸ਼ ਜੋ ਤੁਸੀਂ ਆਪਣੇ ਸੇਵਕ ਮੋਸ਼ੇਹ ਨੂੰ ਦਿੱਤਾ ਸੀ, ‘ਜੇ ਤੁਸੀਂ ਬੇਵਫ਼ਾ ਹੋ, ਮੈਂ ਤੁਹਾਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ, 9 ਪਰ ਜੇ ਤੁਸੀਂ ਮੇਰੀ ਵੱਲ ਮੁੜੋ ਅਤੇ ਮੇਰੇ ਹੁਕਮਾਂ ਨੂੰ ਮੰਨੋ ਅਤੇ ਉਹਨਾਂ ਦੀ ਪਾਲਨਾ ਕਰੋ, ਤੁਹਾਡੇ ਵਿੱਚੋਂ ਕੱਢੇ ਹੋਏ ਲੋਕ ਅਕਾਸ਼ ਦੇ ਆਖਰੀ ਸਿਰੇ ਤੇ ਹੋਣ, ਤਾਂ ਵੀ ਮੈਂ ਉੱਥੋਂ ਉਹਨਾਂ ਨੂੰ ਇਕੱਠੇ ਕਰ ਕੇ ਉਸ ਸਥਾਨ ਵਿੱਚ ਲਿਆਵਾਂਗਾ, ਜਿਹੜਾ ਮੈਂ ਆਪਣਾ ਨਾਮ ਵਸਾਉਣ ਲਈ ਚੁਣ ਲਿਆ ਹੈ।’
10 "ਉਹ ਤੁਹਾਡੇ ਸੇਵਕ ਅਤੇ ਤੁਹਾਡੇ ਲੋਕ ਹਨ, ਜਿਨ੍ਹਾਂ ਨੂੰ ਤੁਸੀਂ ਆਪਣੀ ਮਹਾਨ ਸ਼ਕਤੀ ਅਤੇ ਆਪਣੇ ਸ਼ਕਤੀਸ਼ਾਲੀ ਹੱਥ ਨਾਲ ਛੁਡਾਇਆ ਹੈ। 11 ਹੇ ਪਰਮੇਸ਼ਵਰ ਮੇਰੀ ਬੇਨਤੀ ਹੈ ਕਿ ਤੂੰ ਆਪਣੇ ਦਾਸ ਦੀ ਪ੍ਰਾਰਥਨਾ ਵੱਲ ਕੰਨ ਲਾ ਅਤੇ ਆਪਣੇ ਉਹਨਾਂ ਦਾਸਾਂ ਦੀ ਪ੍ਰਾਰਥਨਾ ਵੱਲ ਵੀ ਜਿਹੜੇ ਤੇਰੇ ਨਾਮ ਤੋਂ ਡਰਨ ਦੇ ਚਾਹਵੰਦ ਹਨ, ਅਤੇ ਅੱਜ ਤੂੰ ਆਪਣੇ ਦਾਸ ਨੂੰ ਸਫ਼ਲ ਕਰ ਅਤੇ ਉਸ ਮਨੁੱਖ ਦੇ ਅੱਗੇ ਮੈਨੂੰ ਦਯਾ ਦਾ ਭਾਗੀ ਬਣਾ।"
ਮੈਂ ਤਾਂ ਰਾਜਾ ਦਾ ਸਾਕੀ ਸੀ।